fbpx
All NewsNationalNewsPoliticsPunjab

ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਮਾਹੌਲ ਹੋਇਆ ਗਰਮ, ਲਹਿਰਾਏ ਕਾਲੇ ਝੰਡੇ

Nri Media

08 ਨਵੰਬਰ, ਵਿਕਰਮ ਸਹਿਜਪਾਲ

ਅੰਮ੍ਰਿਤਸਰ (Media desk) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਜਦੋਂ ਉਨ੍ਹਾਂ ਨੇ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ ਤਾਂ ਕੁੱਝ ਗਰਮ ਖ਼ਿਆਲੀ ਨੌਜਵਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਥੇਦਾਰ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਵਾਰ ਸਿੱਖ ਕੌਮ ਨੂੰ ਸੰਦੇਸ਼ ਦੇ ਰਹੇ ਸਨ। ਇਸ ਮੌਕੇ ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਅੱਜ ਦਾ ਮਹਾਨ ਦਿਹਾੜਾ ਸਾਨੂੰ ਆਪਣੇ ਇਤਿਹਾਸ ਦੀ ਯਾਦ ਦਿਵਾਉਂਦਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਮੁਗ਼ਲ ਕੈਦ ‘ਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਕ ਇਤਿਹਾਸ ਅੰਦਰ ਪਰਉਪਕਾਰ ਦੀ ਉਦਾਹਰਣ ਪੇਸ਼ ਕੀਤੀ। ਇਸ ਲਈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ।ਬੰਦੀ ਛੋੜ ਦਿਵਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ।

ਇਸ ਦੌਰਾਨ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੀ ਥਾਂ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ‘ਚ ਕਾਲੀਆਂ ਝੰਡੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਤੇ ਜਗਤਾਰ ਸਿੰਘ ਹਵਾਰਾ ਦੀਆਂ ਫ਼ੋਟੋਆਂ ਵਾਲੇ ਕੈਲੰਡਰ ਲਹਿਰਾਏ। ਇਸ ਤੋਂ ਪਹਿਲਾਂ ਵੀ ਜਦੋਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਂਅ ‘ਤੇ ਸੰਦਸ਼ ਜਾਰੀ ਕਰਦੇ ਸਨ ਤਾਂ ਉਨ੍ਹਾਂ ਨੂੰ ਵੀ ਹਰ ਵਾਰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਪਹਿਲੀ ਵਾਰ ਵਿਰੋਧ ਨਹੀਂ ਹੋਇਆ ਕਿਉਂਕਿ ਇਸ ਤੋਂ ਪਹਿਲਾਂ ਵੀ 1 ਨਵੰਬਰ ਨੂੰ ਦੋ ਗਰਮਖ਼ਿਆਲੀ ਆਗੂਆਂ ਨੇ ਨਵੇਂ ਕਾਰਜਕਾਰੀ ਜਥੇਦਾਰ ਕੋਲੋਂ ਸਿਰੋਪਾਓ ਲੈਣ ਤੋਂ ਇਨਕਾਰ ਕਰ ਦਿੱਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਸ਼ਨੀ ਡਿਓਢੀ ਤੋਂ ਆਪਣਾ ਭਾਸ਼ਣ ਜਾਰੀ ਰੱਖਿਆ ਅਤੇ ਅਕਾਲ ਤਖ਼ਤ ਸਾਹਿਬ ਵਾਲੇ ਪਾਸਿਓਂ ਸਿੱਖ ਨੌਜਵਾਨ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ।

Leave a Reply

Your email address will not be published. Required fields are marked *

Close